Page 1377

ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥ ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥ ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥ ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥ ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥ ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥ ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥ ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥ ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥ ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥ ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥ ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

ਸਲੋਕ ਸੇਖ ਫਰੀਦ ਕੇ   ੴ ਸਤਿਗੁਰ ਪ੍ਰਸਾਦਿ ॥

ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥